ਚੰਡੀਗੜ੍ਹ (ਪੱਤਰ ਪ੍ਰੇਰਕ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਪਾਰਕ ਮੁੱਦਿਆਂ ਨੂੰ ਲੈ ਕੇ ਫਿਨਲੈਂਡ ਦੇ ਦੌਰੇ ਤੇ ਹਨ। ਉੱਥੇ ਭਾਰਤੀ ਰਾਜਦੂਤ ਹੇਮੰਤ ਐੱਚ. ਕੋਟਲਵਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਇੱਕ ਅਹਿਮ ਮੁਲਾਕਾਤ ਹੋਈ। ਇਸ ਦੌਰਾਨ ਪੰਜਾਬ ਅਤੇ ਫਿਨਲੈਂਡ ਵਿਚਕਾਰ ਆਪਸੀ ਸਹਿਯੋਗ ਦੇ ਵੱਖ-ਵੱਖ ਖੇਤਰਾਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਵੀ ਕੀਤਾ ਗਿਆ , ਖ਼ਾਸ ਤੌਰ ‘ਤੇ ਉਦਯੋਗ, ਆਧੁਨਿਕ ਤਕਨੀਕ ਅਤੇ ਸਿੱਖਿਆ ਦੇ ਖੇਤਰਾਂ ਵਿਚ ਨਵੀਆਂ ਸਾਂਝੇਦਾਰੀਆਂ ਸਥਾਪਤ ਕਰਨ ‘ਤੇ ਜ਼ੋਰ ਦਿੱਤਾ ਗਿਆ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਆਪਣੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਗਲੋਬਲ ਪੱਧਰ ‘ਤੇ ਨਵੇਂ ਮੌਕੇ ਤਲਾਸ਼ਣ ਲਈ ਲਗਾਤਾਰ ਯਤਨਸ਼ੀਲ ਹਾਂ।