ਬ੍ਰਿਸਬੇਨ (ਪੁਸ਼ਪਿੰਦਰ ਤੂਰ) –  ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵਿਦੇਸ਼ ਵਸਦੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਵਿੱਚ ਭਾਗੀਦਾਰ ਬਣਨ ਦਾ ਸੱਦਾ ਦਿੰਦਿਆਂ ਰਾਜ ਵਿੱਚ ਨਿਵੇਸ਼ ਕਰਨ ਦੀ ਅਪੀਲ ਕੀਤੀ। ਉਹ ਆਪਣੇ ਆਸਟ੍ਰੇਲੀਆ ਦੌਰੇ ਦੌਰਾਨ ਬ੍ਰਿਸਬੇਨ ਵਿੱਚ ਭਾਰਤੀ-ਪੰਜਾਬੀ ਭਾਈਚਾਰੇ ਨੂੰ ਸੰਬੋਧਨ ਕਰ ਰਹੇ ਸਨ। ਇਹ ਵਿਸ਼ੇਸ਼ ਮਿਲਣੀ ਡਾ. ਬਰਨਾਰਡ ਮਲਿਕ ਵੱਲੋਂ ਕਰਵਾਈ ਗਈ, ਜੋ ਲੀਡਰਜ਼ ਇੰਸਟੀਚਿਊਟ ਅਤੇ ਗਲੋਬਲ ਲੀਡਰਸ਼ਿਪ ਇੰਸਟੀਚਿਊਟ ਦੇ ਪ੍ਰਧਾਨ ਅਤੇ ਸੰਸਥਾਪਕ ਹਨ। ਸਮਾਗਮ ਵਿੱਚ ਭਾਰਤੀ ਅਤੇ ਪੰਜਾਬੀ ਭਾਈਚਾਰੇ ਨਾਲ ਸੰਬੰਧਿਤ ਵੱਡੀ ਗਿਣਤੀ ਵਿੱਚ ਉਦਯੋਗਪਤੀਆਂ, ਕਾਰੋਬਾਰੀਆਂ, ਪੇਸ਼ੇਵਰਾਂ ਅਤੇ ਸਮਾਜਿਕ ਆਗੂਆਂ ਨੇ ਸ਼ਮੂਲੀਅਤ ਕੀਤੀ।ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਿਨੇਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਉਦਯੋਗ, ਬਿਜਲੀ, ਪਿੰਡ ਵਿਕਾਸ, ਸੈਰ-ਸਪਾਟਾ, ਸੱਭਿਆਚਾਰਕ ਵਿਰਾਸਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਲਈ ਪਾਰਦਰਸ਼ੀ, ਸੁਗਮ ਅਤੇ ਨਿਵੇਸ਼ਕ-ਪੱਖੀ ਮਾਹੌਲ ਤਿਆਰ ਕੀਤਾ ਗਿਆ ਹੈ, ਜਿਸ ਦਾ ਲਾਭ ਪਰਵਾਸੀ ਪੰਜਾਬੀਆਂ ਨੂੰ ਜ਼ਰੂਰ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵਸਦਾ ਪੰਜਾਬੀ ਭਾਈਚਾਰਾ ਆਪਣੀ ਮਿਹਨਤ, ਤਜਰਬੇ ਅਤੇ ਸਰਮਾਏ ਰਾਹੀਂ ਪੰਜਾਬ ਦੀ ਆਰਥਿਕ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਨਾਲ ਮਜ਼ਬੂਤ ਸਾਂਝ ਬਣਾਈ ਰੱਖਣ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ। ਸਮਾਗਮ ਦੌਰਾਨ ਹਾਜ਼ਰ ਭਾਈਚਾਰੇ ਦੇ ਮੈਂਬਰਾਂ ਨੇ ਵੀ ਪੰਜਾਬ ਵਿੱਚ ਨਿਵੇਸ਼, ਉਦਯੋਗਿਕ ਵਿਕਾਸ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ’ਤੇ ਪੰਜਾਬ ਅਤੇ ਆਸਟ੍ਰੇਲੀਆ ਦਰਮਿਆਨ ਆਰਥਿਕ, ਵਪਾਰਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ। ਇਹ ਸਮਾਗਮ ਪਰਵਾਸੀ ਪੰਜਾਬੀਆਂ ਅਤੇ ਪੰਜਾਬ ਸਰਕਾਰ ਦਰਮਿਆਨ ਆਪਸੀ ਸਾਂਝ, ਭਰੋਸੇ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਪਹਿਲ ਵਜੋਂ ਦੇਖਿਆ ਜਾ ਰਿਹਾ ਹੈ।