ਚੰਡੀਗੜ੍ਹ (ਸਟਾਫ਼ ਰਿਪੋਰਟਰ) – ਬੀਤੇ ਦਿਨ ਨਾਂਦੇੜ ਸਾਹਿਬ ਵਿਖੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਪ੍ਰਤੀਕਰਮ ਸਾਹਮਣੇ ਆਇਆ ਹੈ। ਹਸਪਤਾਲ ਤੋਂ ਫ਼ਾਰਗ ਹੋਣ ਮਗਰੋਂ ਮੀਡੀਆ ਨਾਲ ਰੂ-ਬ-ਰੂ ਹੁੰਦਿਆਂ ਉਨ੍ਹਾਂ ਸਾਫ਼ ਕੀਤਾ ਕਿ ਉਹ ਅਜਿਹੀਆਂ ਕਾਇਰਾਨਾ ਹਰਕਤਾਂ ਤੋਂ ਬਿਲਕੁਲ ਨਹੀਂ ਘਬਰਾਉਣਗੇ। ਉਨ੍ਹਾਂ ਕਿਹਾ ਕਿ ਜਿਸ ਇਨਸਾਨ ‘ਤੇ ਅਕਾਲ ਪੁਰਖ ਦਾ ਓਟ-ਆਸਰਾ ਹੋਵੇ, ਉਸ ਦਾ ਕੋਈ ਵਾਲ ਵੀ ਵਿੰਗਾ ਨਹੀਂ ਕਰ ਸਕਦਾ, ਚਾਹੇ ਕੋਈ ਕਿੰਨੀ ਵੀ ਕੋਸ਼ਿਸ਼ ਕਿਉਂ ਨਾ ਕਰ ਲਵੇ।
ਬਾਦਲ ਨੇ ਦੋਸ਼ ਲਾਇਆ ਕਿ ਕੁਝ ਲੋਕ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨਾ ਚਾਹੁੰਦੇ ਹਨ, ਪਰ ਗੁਰੂ ਸਾਹਿਬ ਦੀ ਕਿਰਪਾ ਸਦਕਾ ਉਹ ਬਚ ਗਏ। ਉਨ੍ਹਾਂ ਦੁਹਰਾਇਆ ਕਿ ਅਕਾਲੀ ਦਲ ਪੰਜਾਬ ਦੀ ਖੁਸ਼ਹਾਲੀ, ਅੰਦਰੂਨੀ ਸ਼ਾਂਤੀ ਅਤੇ ਤਰੱਕੀ ਲਈ ਹਮੇਸ਼ਾ ਤਤਪਰ ਹੈ ਅਤੇ ਇਸ ਮਕਸਦ ਲਈ ਪਾਰਟੀ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਤੋਂ ਵੀ ਪਿੱਛੇ ਨਹੀਂ ਹਟੇਗੀ।